ਵਿਧਾਇਕ ਰੰਧਾਵਾ ਨੇ ਮੁੱਖਮੰਤਰੀ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਲਾਲੜੂ, 31 ਅਗਸਤ
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੀ ਕੀਤੀ ਸ਼ਲਾਘਾ। ਉਨ੍ਹਾਂ ਨੇ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸਥਾਪਨਾ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਹੈਲਪਲਾਈਨ ਨੰਬਰ ਅਤੇ ਵਟਸਐਪ ਚੈਟਬੋਟ ਸ਼ੁਰੂ ਕਰਨ ਦੀ ਵੀ ਸ਼ਲਾਘਾ ਕੀਤੀ। ਜਾਣਕਾਰੀ ਦਿੰਦੇ ਹੋਏ ਵਿਧਾਇਕ ਰੰਧਾਵਾ ਨੇ ਕਿਹਾ, "ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਣ ਵਾਲੀਆਂ ਵੱਡੀਆਂ ਮੱਛੀਆਂ ਹੁਣ ਨਹੀਂ ਬਚਣਗੀਆਂ। ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਅਹਿਮ ਭੂਮਿਕਾ ਨਿਭਾਏਗੀ।" ਰੰਧਾਵਾ ਨੇ ਹੈਲਪਲਾਈਨ ਨੰਬਰ ਅਤੇ ਵਟਸਐਪ ਚੈਟਬੋਟ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਲੋਕਾਂ ਨੂੰ ਕਿਸੇ ਵੀ ਡਰੱਗ-ਸਬੰਧਤ ਗਤੀਵਿਧੀਆਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰੇਗਾ। ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਰਾਹੀਂ ਹਾਸਲ ਕੀਤੀ ਗਈ ਜਾਣਕਾਰੀ ਰਾਹੀਂ ਪਛਾਣ ਨੂੰ ਗੁਪਤ ਰੱਖ ਕਾਰਵਾਈ ਕੀਤੀ ਜਾਵੇਗੀ। ਐਂਟੀ ਨਾਰਕੋਟਿਕਸ ਟਾਸਕ ਫੋਰਸ ਰਾਹੀਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਇਸ ਦਾ ਵੱਡਾ ਯੋਗਦਾਨ ਹੋਵੇਗਾ। ਰੰਧਾਵਾ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਇਸ ਲੜਾਈ ਚ ਲੋਕਾਂ ਨੂੰ ਵੀ ਅੱਗੇ ਆਉਣ ਅਤੇ ਇਸ ਕਾਰਜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਰੰਧਾਵਾ ਨੇ ਕਿਹਾ ਕਿ ਨਸ਼ਾ ਮਨੁੱਖ ਦਾ ਸਰੀਰਕ ਅਤੇ ਆਰਥਿਕ ਨੁਕਸਾਨ ਕਰਦਾ ਹੈ। ਨਸ਼ਾ ਕਰਨ ਵਾਲਾ ਵਿਅਕਤੀ ਦੋਸ਼ੀ ਨਹੀਂ ਬਲਕਿ ਬਿਮਾਰ ਹੁੰਦਾ ਹੈ, ਜਿਸ ਦਾ ਇਲਾਜ ਕਰਵਾ ਕੇ ਉਸ ਨੂੰ ਨਸ਼ੇ ਤੋਂ ਰਹਿਤ ਜੀਵਨ ਜਿਉਣ ਲਈ ਪੇ੍ਰਿਤ ਕਰਨਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਦਾ ਸਰਕਾਰ ਵੱਲੋਂ ਖੋਲ੍ਹੇ ਓਟ ਸੈਂਟਰਾਂ ਵਿਚ ਇਲਾਜ ਕਰਵਾਇਆ ਜਾ ਸਕਦਾ ਹੈ, ਜਿੱਥੇ ਲੁੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਾਨੂੰ ਸਭ ਨੂੰ ਇਕੱਠੇ ਹੋ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਪੇ੍ਰਿਤ ਕਰਨਾ ਚਾਹੀਦਾ ਹੈ।
Comments
Post a Comment